
ਵਧੀਕ ਡਿਪਟੀ ਕਮਿਸਨਰ ਵੱਲੋਂ ਗਣੰਤਤਰ ਦਿਵਸ ਸਮਾਰੋਹ ਸਬੰਧੀ ਮੀਟਿੰਗ
*ਕੋਵਿਡ-19 ਦੀ ਹਦਾਇਤਾਂ ਦੀ ਪਾਲਣਾ ਕਰਦਿਆਂ ਮਨਾਇਆ ਜਾਵੇਗਾ ਗਣੰਤਤਰ ਦਿਵਸ ਸਮਾਰੋਹ
ਪਰਦੀਪ ਕਸਬਾ,ਸੰਗਰੂਰ, 7 ਜਨਵਰੀ 2022
26 ਜਨਵਰੀ 2022 ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸਨਰ (ਜ) ਅਨਮੋਲ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ’ਚ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਗਣਤੰਤਰ ਦਿਵਸ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜ੍ਹਾਉਣ ਦੇ ਆਦੇਸ਼ ਦਿੱਤੇ। ਵਧੀਕ ਡਿਪਟੀ ਕਮਿਸਨਰ ਨੇ ਕਿਹਾ ਕਿ ਪੁਲਿਸ ਲਾਈਨ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਰੋਹ ਨੂੰ ਕੋਵਿਡ-19 ਦੀ ਹਦਾਇਤਾਂ ਦੀ ਪਾਲਣਾ ਕਰਦਿਆਂ ਮਨਾਇਆ ਜਾਵੇਗਾ ਅਤੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।
ਅਨਮੋਲ ਸਿੰਘ ਧਾਲੀਵਾਲ ਨੇ ਕਿਹਾ ਕਿ ਪੁਲਿਸ ਲਾਈਨ ਦੇ ਸਟੇਡੀਅਮ ਵਿਖੇ ਹੋਣ ਵਾਲੇ ਸਮਾਰੋਹ ਮੌਕੇ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਾਲੇ ਸਥਾਨ ’ਤੇ ਲੋੜੀਂਦੀ ਮਾਤਰਾ ’ਚ ਮਾਸਕ, ਸੈਨੇਟਾਈਜ਼ਰਜ਼, ਥਰਮਾਮੀਟਰ ਆਦਿ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਮਾਗਮ ਵਾਲੇ ਸਥਾਨ ’ਤੇ ਪਹੁੰਚਣ ਵਾਲੇ ਹਰ ਇੱਕ ਵਿਅਕਤੀ ਦੇ ਕੋਵਿਡ ਵੈਕਸੀਨੇਸ਼ਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣ।
ਵਧੀਕ ਡਿਪਟੀ ਕਮਿਸ਼ਨਰ ਨੇ ਸਮਾਰੋਹ ਦੌਰਾਨ ਪੰਡਾਲ ਦੀ ਸਜਾਵਟ, ਰਾਸਟਰੀ ਗਾਨ ਵਾਲੇ ਸਕੂਲੀ ਵਿਦਿਆਰਥੀਆਂ ਦੀ ਰਿਫਰੈਸ਼ਮੈਂਟ, ਪੀਣ ਵਾਲੇ ਸਾਫ਼ ਸੁਥਰੇ ਪਾਣੀ ਦਾ ਪ੍ਰਬੰਧ ਕਰਨ, ਸਫਾਈ ਆਦਿ ਨੂੰ ਸਹੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਆਰ.ਟੀ.ਏ. ਰਵਿੰਦਰ ਸਿੰਘ ਗਿੱਲ, ਕਾਰਜਕਾਰੀ ਸਿਵਲ ਸਰਜਨ ਡਾ. ਜਗਮੋਹਨ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮਿ੍ਰਤਪਾਲ ਸਿੰਘ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।


