ਚੋਣ ਜ਼ਾਬਤੇ ਤਹਿਤ ਫਲਾਇੰਗ ਸਕੁਐਡਜ਼ ਸਮੇਤ ਵੱਖ-ਵੱਖ ਟੀਮਾਂ 24 ਘੰਟੇ ਕਾਰਜਸ਼ੀਲ
ਚੋਣ ਜ਼ਾਬਤੇ ਤਹਿਤ ਫਲਾਇੰਗ ਸਕੁਐਡਜ਼ ਸਮੇਤ ਵੱਖ-ਵੱਖ ਟੀਮਾਂ 24 ਘੰਟੇ ਕਾਰਜਸ਼ੀਲ
- 01 ਲੱਖ ਰੁਪਏ ਤੋਂ ਵੱਧ ਕੈਸ਼ ਲੈ ਕੇ ਜਾਣ ਸਮੇਂ ਉਸ ਨਾਲ ਸਬੰਧਤ ਕਾਗਜ਼ਾਤ ਹੋਣੇ ਲਾਜ਼ਮੀ
ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 19 ਜਨਵਰੀ2022
ਵਿਧਾਨ ਸਭਾ ਚੋਣਾਂ-2022 ਸਬੰਧੀ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ, ਜਿਸ ਤਹਿਤ ਫਲਾਇੰਗ ਸਕੁਐਡਜ਼ ਸਮੇਤ ਵੱਖ-ਵੱਖ ਟੀਮਾਂ 24 ਘੰਟੇ ਮੁਸਤੈਦੀ ਨਾਲ ਕਾਰਜਸ਼ੀਲ ਹਨ ਤੇ ਚੋਣ ਜ਼ਾਬਤੇ ਦੀ ਉਲੰਘਣਾ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਬੱਚਤ ਭਵਨ ਵਿਖੇ ਚੋਣ ਜ਼ਾਬਤੇ ਸਬੰਧੀ ਵੱਖ ਵੱਖ ਅਧਿਕਾਰੀਆਂ ਤੇ ਟੀਮਾਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਜ਼ਾਬਤੇ ਦੇ ਮੱਦੇਨਜ਼ਰ ਇਹ ਲਾਜ਼ਮੀ ਹੈ ਕਿ ਜੇਕਰ ਕੋਈ ਵੀ ਨਾਗਰਿਕ 01 ਲੱਖ ਰੁਪਏ ਤੋਂ ਵੱਧ ਕੈਸ਼ ਲੈ ਕੇ ਜਾ ਰਿਹਾ ਹੈ ਤਾਂ ਉਹ ਆਪਣੇ ਨਾਲ ਉਹ ਸਾਰੇ ਕਾਗਜ਼ਾਤ ਲੈ ਕੇ ਜਾਵੇ, ਜਿਨ੍ਹਾਂ ਤੋਂ ਇਹ ਪਤਾ ਲੱਗ ਸਕੇ ਕਿ ਉਸ ਵਿਅਕਤੀ ਨੇ ਉਹ ਪੈਸੇ ਕਿੱਥੋਂ ਕਢਵਾਏ ਹਨ ਤੇ ਕਿੱਥੇ ਲੈ ਕੇ ਜਾਣੇ ਹਨ।
ਜੇਕਰ ਉਹ ਅਜਿਹਾ ਕਰਨ ਵਿੱਚ ਅਸਫ਼ਲ ਰਹਿੰਦਾ ਹੈ ਤਾਂ ਉਸ ਦਾ ਕੈਸ਼ ਜ਼ਬਤ ਕਰ ਲਿਆ ਜਾਵੇਗਾ ਤੇ ਅਜਿਹੇ ਮਾਮਲਿਆਂ ਸਬੰਧੀ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਪੂਰਨ ਪੜਤਾਲ ਉਪਰੰਤ ਹੀ ਉਹ ਨਕਦੀ ਛੱਡੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਕਦ ਰਾਸ਼ੀ ਸਬੰਧੀ ਉਪਰੋਕਤ ਪੱਖ ਨੂੰ ਧਿਆਨ ਵਿੱਚ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਬੈਂਕਾਂ ਸਬੰਧੀ ਕੈਸ਼ ਲੈ ਕੇ ਜਾਣ ਵਾਲੀਆਂ ਕੈਸ਼ ਵੈਨਾਂ ਸਬੰਧੀ ਸਾਰੇ ਲੋੜੀਂਦੇ ਕਾਗਜ਼ਾਤ ਹੋਣੇ ਵੀ ਲਾਜ਼ਮੀ ਹਨ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਵਿਧਾਨ ਸਭਾ ਚੋਣਾਂ ਸਬੰਧੀ ਕਾਰਜਸ਼ੀਲ ਟੀਮਾਂ ਨੂੰ ਕਿਹਾ ਕਿ ਉਹ ਨਿਯਮਤ ਤੌਰ ਉਤੇ ਆਪਣੀਆਂ ਰਿਪੋਰਟਾਂ ਸਬੰਧੀ ਅਧਿਕਾਰੀਆਂ ਨੂੰ ਭੇਜਣੀਆਂ ਯਕੀਨੀ ਬਨਾਉਣ। ਉਨ੍ਹਾਂ ਕਿਹਾ ਕਿ ਜਿਹੜੀਆਂ ਟੀਮਾਂ ਨੇ ਰੈਲੀਆਂ ਆਦਿ ਉਤੇ ਨਜ਼ਰ ਰੱਖਣੀ ਹੈ, ਉਹ ਰੈਲੀ ਤੋਂ ਪਹਿਲਾਂ ਉਥੇ ਲੱਗੀਆਂ ਕੁਰਸੀਆਂ, ਪੁੱਜੀਆਂ ਗੱਡੀਆਂ, ਉਥੇ ਲੱਗੇ ਝੰਡੇ-ਝੰਡੀਆਂ ਸਬੰਧੀ ਅਨਾਊਂਸਮੈਂਟ ਯਕੀਨੀ ਬਨਾਉਣਗੀਆਂ, ਜਿਸ ਦੀ ਵਿਡੀਓਗਰਾਫੀ ਵੀ ਹੋਵੇਗੀ।
ਚੋਣ ਪ੍ਰਕਿਰਿਆ ਦੌਰਾਨ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਚੋਣ ਕਮਿਸ਼ਨ ਵੱਲੋਂ ਇਲੈਕਸ਼ਨ ਦੌਰਾਨ ਡਿਊਟੀ ਦੇਣ ਵਾਲੇ ਮੁਲਾਜ਼ਮਾਂ ਨੂੰ ਕੋਵਿਡ ਵਾਰੀਅਰ ਐਲਾਨਿਆ ਗਿਆ ਹੈ।
ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਕਿਹਾ ਕਿ ਸੀ.ਵਿਜਲ ਐਪ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਜਿਸ ਰਾਹੀਂ ਲੋਕ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਸ਼ਿਕਾਇਤ, ਤਸਵੀਰ ਆਦਿ ਭੇਜ ਸਕਦੇ ਹਨ। ਇਸ ਐਪ ਜ਼ਰੀਏ ਮਿਲਣ ਵਾਲੀ ਸ਼ਿਕਾਇਤ ਦਾ 100 ਮਿੰਟ ਦੇ ਅੰਦਰ-ਅੰਦਰ ਨਿਪਟਾਰਾ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ‘ਪੇਡ ਨਿਊਜ਼’ (ਮੁੱਲ ਦੀਆਂ ਖ਼ਬਰਾਂ) ਦੇ ਮਾੜੇ ਰੁਝਾਨ ਦੀ ਰੋਕਥਾਮ ਸਬੰਧੀ ਆਖਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਮੀਡੀਆ ਵਿੱਚ ਪੈਸੇ ਦੇ ਕੇ ਮਤਦਾਤਾਵਾਂ ਨੂੰ ਭਰਮਾਉਣ ਹਿੱਤ ਲਵਾਈਆਂ ਜਾਂਦੀਆਂ ਖ਼ਬਰਾਂ ਨੂੰ ਅਨੈਤਿਕ ਕਰਾਰ ਦਿੰਦਿਆਂ ਇਸ ਨੂੰ ਰੋਕਣ ਲਈ ਬਹੁਤ ਸਾਰੇ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਮੀਡੀਆ ਸਰਟੀਫ਼ਿਕੇਸ਼ਨ ਤੇ ਮਾਨੀਟਰਿੰਗ ਕਮੇਟੀ (ਐਮ.ਸੀ.ਐਮ.ਸੀ.) ਦਾ ਗਠਨ ਕੀਤਾ ਗਿਆ ਹੈ ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ (ਸਮੇਤ ਆਨ ਲਾਈਨ ਪੇਪਰ, ਰੇਡੀਓ, ਟੀ.ਵੀ., ਸਿਨੇਮਾ ਹਾਲ ਅਤੇ ਸੋਸ਼ਲ ਮੀਡੀਆ ਤੇ ਬਲਕ/ਵਾਇਸ ਮੈਸੇਜਿਜ਼ ਆਨ ਮੋਬਾਇਲ) ਵਾਸਤੇ ਉਮੀਦਵਾਰ ਲਈ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਤੋਂ ਪ੍ਰੀ-ਸਰਟੀਫ਼ਿਕੇਸ਼ਨ ਲਾਜ਼ਮੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਸ ਵਿੱਚ ਮਜ਼ਬੂਤ ਤਾਲਮੇਲ ਕਰ ਕੇ ਇੱਕ ਟੀਮ ਵਜੋਂ ਕੰਮ ਕਰਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਨੁਪ੍ਰਿਤਾ ਜੌਹਲ, ਸਮੂਹ ਐਸ.ਡੀ.ਐਮ. ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।