ਵੋਟਰ ਜਾਗਰੂਕਤਾ ਮੁਹਿੰਮ ‘ਚ ਯੋਗਦਾਨ ਦੇਣ ਵਾਲ਼ੀਆਂ ਸ਼ਖ਼ਸੀਅਤਾਂ ਦਾ ਸਨਮਾਨ
ਵੋਟਰ ਜਾਗਰੂਕਤਾ ਮੁਹਿੰਮ ‘ਚ ਯੋਗਦਾਨ ਦੇਣ ਵਾਲ਼ੀਆਂ ਸ਼ਖ਼ਸੀਅਤਾਂ ਦਾ ਸਨਮਾਨ
-ਰਾਸ਼ਟਰੀ ਵੋਟਰ ਦਿਵਸ ਨੂੰ ਵੱਡੇ ਤਿਉਹਾਰ ਵਾਂਗ ਮਨਾਉਣਾ ਚਾਹੀਦਾ ਹੈ- ਡਿਪਟੀ ਕਮਿਸ਼ਨਰ ਸੰਦੀਪ ਹੰਸ
ਰਿਚਾ ਨਾਗਪਾਲ,ਪਟਿਆਲਾ 25 ਜਨਵਰੀ:2022
12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਹੋਏ ਰਾਜ ਪੱਧਰੀ ਸਮਾਗਮ ‘ਚ ਪਟਿਆਲਾ ਜ਼ਿਲ੍ਹੇ ਦੀ ਸਵੀਪ ਟੀਮ ਨੇ ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ‘ਚ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਚੋਣ ਕਮਿਸ਼ਨਰ ਭਾਰਤ ਸੁਸ਼ੀਲ ਚੰਦਰਾ ਦੇ ਸੰਦੇਸ਼ ਨਾਲ ਸਮਾਗਮ ਦੀ ਸ਼ੁਰੂਆਤ ਹੋਈ। ਫਿਰ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਸੰਬੋਧਨ ਕੀਤਾ। ਉਨ੍ਹਾਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਚਲਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਸਬੰਧੀ ਸਰਗਰਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਰਾਜ ਪੱਧਰ ‘ਤੇ ਵੋਟਰ ਜਾਗਰੂਕਤਾ ਸਬੰਧੀ ਕਰਵਾਈਆਂ ਗਈਆਂ ਸਰਗਰਮੀਆਂ ਦੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ। ਇਸ ਮੌਕੇ ਨਵੇਂ ਵੋਟਰਾਂ ਸੋਹਣ ਸਿੰਘ ਤੇ ਮੋਹਣ ਸਿੰਘ ਨੂੰ ਨਵੇਂ ਵੋਟਰ ਕਾਰਡ ਪ੍ਰਦਾਨ ਕੀਤੇ ਗਏ। ਫ਼ਿਰੋਜਪੁਰ ਜ਼ਿਲ੍ਹੇ ਦੇ ਭੰਡਾਂ ਨੇ ਵੀ ਪੇਸ਼ਕਾਰੀ ਦਿੱਤੀ ਅਤੇ ਪਟਿਆਲਾ ਤੋਂ ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ ਨੇ ਮੌਕੇ ‘ਤੇ ਪੋਸਟਰ ਬਣਾਇਆ।
ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਰਾਸ਼ਟਰੀ ਵੋਟਰ ਦਿਵਸ ਸਾਡੇ ਦੇਸ਼ ‘ਚ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਵੱਡਾ ਦਿਵਸ ਹੈ। ਇਸ ਕਰਕੇ ਇਸ ਦਿਨ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਉਣਾ ਚਾਹੀਦਾ ਹੈ। ਉਨ੍ਹਾਂ ਰਾਸ਼ਟਰੀ ਵੋਟਰ ਦਿਵਸ ਮੌਕੇ ਚੋਣ ਪ੍ਰਣਾਲੀ ਨਾਲ ਜੁੜੇ ਸਭ ਲੋਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦਿਨ ਹਰ ਸੰਸਥਾ ‘ਚ ਮਨਾਉਣਾ ਚਾਹੀਦਾ ਹੈ ਤਾਂ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਮੁੱਖ ਮਹਿਮਾਨ ਨੂੰ ਜੀ ਆਇਆ ਕਿਹਾ ਤੇ ਵੋਟਰ ਜਾਗਰੂਕਤਾ ਲਈ ਚਲਾਈਆਂ ਜਾ ਰਹੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ, ਸਹਾਇਕ ਕਮਿਸ਼ਨਰ ਕਿਰਨ ਸ਼ਰਮਾ, ਇਲੈਕਸ਼ਨ ਤਹਿਸੀਲਦਾਰ ਰਾਮ ਜੀ ਲਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਟਿਵਾਣਾ, ਸਵੀਪ ਆਈਕਨ ਜਗਵਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਇਸ ਮੌਕੇ ਸਵੀਪ ਗਤੀਵਿਧੀਆਂ ‘ਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਜਿਨ੍ਹਾਂ ‘ਚ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੀ ਨਾਟਕ ਮੰਡਲੀ ਤੇ ਨਿਰਦੇਸ਼ਕ ਡਾ. ਸੁਖਦਰਸ਼ਨ ਸਿੰਘ ਚਹਿਲ, ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਐਨ.ਸੀ.ਸੀ. ਕੈਡੇਟਸ ਤੇ ਨਵੇਂ ਵੋਟਰਾਂ ਤੇ ਉਨ੍ਹਾਂ ਦੇ ਗਾਈਡ ਸਤਵੀਰ ਸਿੰਘ ਗਿੱਲ, ਸਰਕਾਰੀ ਪੌਲੀਟੈਕਨਿਕ (ਮਹਿਲਾ) ਪਟਿਆਲਾ ਦੀਆਂ ਲੋਕਤੰਤਰ ਨਾਲ ਸਬੰਧਤ ਬੋਲੀਆਂ ਤੇ ਰੰਗੋਲੀ ਵਾਲੀ ਟੀਮ, ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ, ਜ਼ਿਲ੍ਹਾ ਆਈਕਨ ਜਗਵਿੰਦਰ ਸਿੰਘ ਤੇ ਉਸ ਦੀ ਸਾਈਕਲਿੰਗ ਟੀਮ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭ ਤੋਂ ਵੱਧ ਨੌਜਵਾਨਾਂ ਵੋਟਰਾਂ ਦੀਆਂ ਵੋਟਾਂ (379) ਬਣਾਉਣ ਵਾਲੇ ਪ੍ਰੋ. ਨਰਿੰਦਰ ਸਿੰਘ ਢੀਂਡਸਾ ਤੇ ਸਰਵੋਤਮ ਬੀਐਲਓ ਜਗਵਿੰਦਰ ਕੌਰ ਸਮਾਣਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ ਨੇ ਸਭ ਦਾ ਧੰਨਵਾਦ ਕੀਤਾ ਅਤੇ ਸਾਈਕਲ ਰੈਲੀ ਨੂੰ ਰਵਾਨਾ ਕੀਤਾ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।