
ਕੋਵਿਡ ਦੇ ਮੱਦੇਨਜ਼ਰ ਜ਼ਿਲੇ ’ਚ 1 ਫਰਵਰੀ ਤੱਕ ਪਾਬੰਦੀਆਂ ਵਿਚ ਵਾਧਾ
ਸੋਨੀ ਪਨੇਸਰ,ਬਰਨਾਲਾ, 27 ਜਨਵਰੀ 2022
ਜ਼ਿਲਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਕੋਵਿਡ ਸਥਿਤੀ ਦੇ ਮੱਦੇਨਜ਼ਰ ਹੁਕਮ ਜਾਰੀ ਕਰ ਕੇ ਜ਼ਿਲੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ 1 ਫਰਵਰੀ 2022 ਤੱਕ ਵਧਾ ਦਿੱਤੀਆਂ ਹਨ। ਇਸ ਤੋਂ ਬਿਨਾਂ ਅੰਦਰ (ਇੰਡੋਰ) ਅਤੇ ਬਾਹਰ (ਆਊਟਡੋਰ) 300 ਤੋਂ ਵੱਧ ਲੋਕਾਂ ਦੇ ਇੱਕਠ ਕਰਨ ’ਤੇ ਵੀ ਰੋਕ ਲਗਾਈ ਗਈ ਹੈ। ਇਹ ਇੱਕਠ ਵੀ ਕੋਵਿਡ ਸਬੰਧੀ ਲਾਗੂ ਪ੍ਰੋਟੋਕਾਲ ਦੀ ਪਾਲਣਾ ਨਾਲ ਹੀ ਕੀਤਾ ਜਾ ਸਕੇਗਾ।
ਹੁਕਮ ਜਾਰੀ ਕਰਦਿਆਂ ਉਨਾਂ ਕਿਹਾ ਕਿ ਜਨਤਕ ਥਾਵਾਂ ਅਤੇ ਕੰਮ ਦੀਆਂ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸੇ ਤਰਾਂ ਜਨਤਕ ਥਾਵਾਂ ’ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਲਈ ਨਿਰਦੇਸ਼ ਜਾਰੀ ਕੀਤਾ ਗਿਆ ਹੈ। ਇਸੇ ਤਰਾਂ ਧਾਰਾ 144 ਤਹਿਤ ਜਾਰੀ ਇਨਾਂ ਹੁਕਮਾਂ ਅਨੁਸਾਰ ਗ਼ੈਰਜ਼ਰੂਰੀ ਆਵਾਜਾਈ ’ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਰੋਕ ਰਹੇਗੀ, ਹਾਲਾਂਕਿ ਜ਼ਰੂਰੀ ਗਤੀਵਿਧੀਆਂ, ਸਾਮਾਨ ਦੀ ਢੋਆ-ਢੁਆਈ, ਸਰਕਾਰੀ ਕੰਮਕਾਜ ਆਦਿ ਦੀ ਆਗਿਆ ਹੋਵੇਗੀ।
ਇਸੇ ਤਰਾਂ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਵਾਂ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ, ਜਦ ਕਿ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ। ਮੈਡੀਕਲ ਤੇ ਨਰਸਿੰਗ ਕਾਲਜ ਰੋਜ਼ਾਨਾ ਦੇ ਆਧਾਰ ’ਤੇ ਕੰਮ ਕਰਨਗੇ। ਇਸੇ ਤਰਾਂ ਸਾਰੇ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਜਿਮ, ਖੇਡ ਕੰਪਲੈਕਸ, ਮਿਊਜ਼ੀਅਮ ਆਦਿ 50 ਫ਼ੀਸਦੀ ਸਮੱਰਥਾ ਨਾਲ ਹੀ ਖੋਲਣ ਦੀ ਆਗਿਆ ਹੋਵੇਗੀ, ਬਾਸ਼ਰਤੇ ਸਾਰਾ ਸਟਾਫ ਪੂਰੀ ਤਰਾਂ ਵੈਕਸੀਨੇਟਡ ਹੋਵੇ। ਏ ਸੀ ਬੱਸਾਂ 50 ਫੀਸਦੀ ਸਮੱਰਥਾ ਨਾਲ ਹੀ ਚੱਲ ਸਕਣਗੀਆਂ।
ਇਸੇ ਤਰਾਂ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ ਜਿਸ ਨੇ ਮਾਸਕ ਪਾਇਆ ਹੋਵੇਗਾ। ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ। ਪੂਰੀ ਤਰਾਂ ਵੈਕਸੀਨੇਟਿਡ, 72 ਘੰਟਿਆਂ ਪਹਿਲੀ ਵਾਲੀ ਆਰ.ਟੀ.ਪੀ.ਸੀ.ਆਰ ਨੈਗੇਟਿਵ ਰਿਪੋਰਟ ਵਾਲਿਆਂ ਨੂੰ ਹੀ ਜ਼ਿਲੇ ਅੰਦਰ ਆਉਣ ਦੀ ਇਜਾਜ਼ਤ ਹੋਵੇਗੀ। ਇਹ ਹੁਕਮ 1 ਫਰਵਰੀ 2022 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਹੋਣ ’ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।


