ਵਿਧਾਨ ਸਭਾ ਚੋਣਾਂ 2022 ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਾਉਣ ਲਈ ਕੀਤੇ ਪੁਖਤਾ ਪ੍ਰਬੰਧ – ਡੀ ਸੀ
ਵਿਧਾਨ ਸਭਾ ਚੋਣਾਂ 2022 ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਾਉਣ ਲਈ ਕੀਤੇ ਪੁਖਤਾ ਪ੍ਰਬੰਧ – ਡੀ ਸੀ
- ਨਿਰਪੱਖ ਤੇ ਸ਼ਾਂਤੀਪੂਰਨ ਚੋਣਾਂ ਕਰਾਉਣ ਲਈ ਸਖਤ ਸੁਰੱਖਿਆ ਪ੍ਰਬੰਧ ਬਣਾਏ ਜਾਣਗੇ ਯਕੀਨੀ- ਐਸ ਐਸ ਪੀ
- -ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਕੀਤਾ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਦੌਰਾ
ਅਸ਼ੋਕ ਧੀਮਾਨ,ਫਤਹਿਗੜ੍ਹ ਸਾਹਿਬ, 28 ਜਨਵਰੀ 2022
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਧਾਨ ਸਭਾ ਚੋਣਾਂ 2022 ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਜ਼ਿਲ੍ਹੇ ਦਾ ਹਰ ਇੱਕ ਵੋਟਰ ਬਿਨ੍ਹਾਂ ਕਿਸੇ ਡਰ, ਭੈਅ ਤੋਂ ਆਪਣੀ ਵੋਟ ਦਾ ਸਹੀ ਇਸਤੇਮਾਲ ਕਰ ਸਕੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਸ੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਾਹਲ ਨਾਲ ਜ਼ਿਲ੍ਹੇ ਵਿਚ ਪੈਂਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਨ ਉਪਰੰਤ ਦਿੱਤੀ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫਤਹਿਗੜ੍ਹ ਸਾਹਿਬ -55 ਹਲਕੇ ਵਿੱਚ ਮਦਰਾਸੀ ਕਲੋਨੀ ਸਰਹਿੰਦ, ਪਿੰਡ ਬਦੌਛੀ ਕਲਾਂ, ਬਸੀ ਪਠਾਣਾ-54 ਹਲਕੇ ਦੇ ਪਿੰਡ ਥਾਬਲਾਂ ਅਤੇ ਪਿੰਡ ਬਹਿਰਾਮਪੁਰ ਦੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਤੇ ਵੋਟਰਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਵੀ ਗੱਲ ਬਾਤ ਕੀਤੀ ਤੇ ਉਨ੍ਹਾਂ ਵੋਟਰਾਂ ਨੂੰ ਕਿਹਾ ਕਿ ਉਹ ਕਿਸੇ ਵੀ ਸਮੇਂ ਕਿਸੇ ਵੀ ਸਮੱਸਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆ ਸਕਦਾ ਹੈ ਤਾਂ ਜੋ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਵੋਟਾਂ ਪੈਣ ਸਮੇਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਣਗੇ। ਕਿਸੇ ਵੀ ਵੋਟਰ ਨੂੰ ਕਿਸੇ ਵੀ ਸ਼ਰਾਰਤੀ ਅਨਸਰ ਤੋਂ ਡਰਨ ਦੀ ਲੋੜ ਨਹੀ ਸਗੋਂ ਚੰਗਾ ਸਮਾਜ ਸਿਰਜਨ ਲਈ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਮ ਦੀ ਕੋਈ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਆਂਉਦੀ ਹੈ ਤਾਂ ਉਹ ਆਪਣੇ ਹਲਕਾ ਇੰਚਾਰਜ ਅਫਸਰ ਦੇ ਧਿਆਨ ਵਿੱਚ ਲਿਆਉਣ ਤਾਂ ਜੋਂ ਸਮੱਸਿਆ ਨੂੰ ਸਮੇਂ ਸਿਰ ਹੱਲ ਕੀਤਾ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸਨਰ (ਸ਼ਹਿਰੀ ਵਿਕਾਸ਼)ਅਨੁਪ੍ਰਿਤਾ ਜੌਹਲ, ਡੀ ਐਸ ਪੀ ਜੰਗਵੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।