Skip to content
Advertisement

ਸੁਬੋਧ ਯਾਦਵ ਵੱਲੋਂ ਸੈਕਟਰ ਅਫ਼ਸਰਾਂ ਤੇ ਜ਼ੋਨਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ
ਪਰਦੀਪ ਕਸਬਾ ,ਸੰਗਰੂਰ, 8 ਫਰਵਰੀ:2022
ਚੋਣ ਕਮਿਸ਼ਨ ਵੱਲੋਂ ਜ਼ਿਲਾ ਸੰਗਰੂਰ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿਖੇ ਜਨਰਲ ਅਬਜ਼ਰਵਰ ਵਜੋਂ ਤਾਇਨਾਤ ਕੀਤੇ ਗਏ ਆਈ.ਏ.ਐਸ ਅਧਿਕਾਰੀ ਸ਼੍ਰੀ ਸੁਬੋਧ ਯਾਦਵ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਸੈਕਟਰ ਅਫ਼ਸਰਾਂ ਤੇ ਜ਼ੋਨਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨਾਂ ਇਸ ਦੌਰਾਨ ਅਧਿਕਾਰੀਆਂ ਨੂੰ ਆਪਣੀ ਜਿੰਮੇਵਾਰੀ ਮੁਸਤੈਦੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨਾਂ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਲੋਕਤੰਤਰ ਦੇ ਇਸ ਮਹੱਤਵਪੂਰਨ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚੜਾਉਣ ਵਿੱਚ ਸੈਕਟਰ ਅਫ਼ਸਰ ਤੇ ਜ਼ੋਨਲ ਅਫ਼ਸਰ ਵਜੋਂ ਡਿਊਟੀ ਨਿਭਾਉਣਾ ਇੱਕ ਵੱਡੀ ਜ਼ਿੰਮੇਵਾਰੀ ਹੈ ਜਿਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਣਾ ਚਾਹੀਦਾ ਹੈ। ਉਨਾਂ ਇਹ ਵੀ ਕਿਹਾ ਕਿ ਚੋਣਾਂ ਵਾਲੇ ਦਿਨ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਵਿੱਚ ਵੀ ਸੈਕਟਰ ਤੇ ਜ਼ੋਨਲ ਅਫ਼ਸਰਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੁੰਦੀ ਹੈ ਜਿਸ ਲਈ ਆਪਸੀ ਤਾਲਮੇਲ ਰੱਖਦੇ ਹੋਏ ਆਪਣੀ ਡਿਊਟੀ ਪ੍ਰਤੀ ਸੁਚੇਤ ਰਿਹਾ ਜਾਵੇ।ਮੀਟਿੰਗ ਦੌਰਾਨ ਸ਼੍ਰੀ ਸੁਬੋਧ ਯਾਦਵ ਨੇ ਕਿਹਾ ਕਿ ਚੋਣ ਕਮਿਸ਼ਨ ਵਿਧਾਨ ਸਭਾ ਚੋਣਾਂ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸਬੰਧੀ ਬੇਹੱਦ ਗੰਭੀਰ ਹੈ ਅਤੇ ਸਮੂਹ ਸੈਕਟਰ ਅਫ਼ਸਰ ਤੇ ਜ਼ੋਨਲ ਅਫ਼ਸਰ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਤਰਜੀਹ ਦਿੱਤੀ ਜਾਵੇ। ਉਨਾਂ ਵਿਧਾਨ ਸਭਾ ਹਲਕਾ 100-ਦਿੜਬਾ, 107-ਧੂਰੀ ਅਤੇ 108-ਸੰਗਰੂਰ ਦੇ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਪ੍ਰਕਿਰਿਆ ਦੀ ਸਮੁੱਚੀ ਪ੍ਰਕਿਰਿਆ ਲਈ ਤਾਇਨਾਤ ਅਧਿਕਾਰੀਆਂ ਨਾਲ ਰਾਬਤਾ ਰੱਖਦੇ ਹੋਏ ਹਰੇਕ ਗਤੀਵਿਧੀ ਉਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਦੁਆਰਾ ਉਲੰਘਣਾ ਕੀਤੇ ਜਾਣ ’ਤੇ ਫੌਰਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
Advertisement

error: Content is protected !!