PANJAB TODAY

ਹੁਣ ਹਰ ਖ਼ਬਰ ਤੁਹਾਡੇ ਤੱਕ

PANJAB TODAY ਸੰਗਰੂਰ ਸੰਘਰਸ਼ੀ ਪਿੜ ਸੱਜਰੀ ਖ਼ਬਰ ਗਿਆਨ-ਵਿਗਿਆਨ ਪੰਜਾਬ ਮਾਲਵਾ ਰਾਜਸੀ ਹਲਚਲ

ਖੁੱਲਾ ਚੋਣ ਪ੍ਰਚਾਰ ਹੋਇਆ ਬੰਦ, ਹਲਕੇ ਤੋਂ ਬਾਹਰੀ ਵੋਟਰਾਂ ਦੀ ਭਾਲ ਲਈ ਸਰਗਰਮ ਹੋਈਆਂ ਚੌਕਸੀ ਟੀਮਾਂ

Advertisement
Spread Information

ਖੁੱਲਾ ਚੋਣ ਪ੍ਰਚਾਰ ਹੋਇਆ ਬੰਦ, ਹਲਕੇ ਤੋਂ ਬਾਹਰੀ ਵੋਟਰਾਂ ਦੀ ਭਾਲ ਲਈ ਸਰਗਰਮ ਹੋਈਆਂ ਚੌਕਸੀ ਟੀਮਾਂ


ਪਰਦੀਪ ਕਸਬਾ,ਸੰਗਰੂਰ, 18 ਫਰਵਰੀ 2022

ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲਾ ਸੰਗਰੂਰ ਦੇ ਸਾਰੇ ਹਲਕਿਆਂ ਵਿੱਚ ਬਾਹਰੀ ਵਿਅਕਤੀ ਦੇ ਠਹਿਰਣ ’ਤੇ ਪਾਬੰਦੀ ਦੇ ਹੁਕਮ ਲਾਗੂ ਹੋ ਚੁੱਕੇ ਹਨ ਅਤੇ ਖੁੱਲੇ ਰੂਪ ਵਿੱਚ ਚੋਣ ਪ੍ਰਚਾਰ ਕਰਨ ਨੂੰ ਅੱਜ ਭਾਵ 18 ਫਰਵਰੀ ਸ਼ਾਮ 6 ਵਜੇ ਤੋਂ ਪਾਬੰਦੀ ਲੱਗ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਸਬੰਧਤ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਨੂੰ ਛੱਡ ਕੇ ਜ਼ਿਲੇ ਦੇ ਕਿਸੇ ਵੀ ਹਲਕੇ ਵਿੱਚ ਬਾਹਰੀ ਵਿਅਕਤੀਆਂ ਦੇ ਆਉਣ ’ਤੇ ਪੂਰਨ ਪਾਬੰਦੀ ਹੈ ਅਤੇ ਸਾਰੇ ਬਾਹਰੀ ਵਿਅਕਤੀ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿੱਚ ਵਾਪਸ ਚਲੇ ਜਾਣ। ਉਨਾਂ ਕਿਹਾ ਕਿ ਚੋਣ ਪ੍ਰਚਾਰ ਲਈ ਤੈਅ ਸੀਮਾ ਜੋ ਕਿ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਅਨੁਸਾਰ ਤੈਅ ਕੀਤੀ ਗਈ ਹੈ,  ਇਸ ਅਨੁਸਾਰ ਵੋਟਾਂ ਪੈਣ ਦਾ ਕਾਰਜ ਮੁਕੰਮਲ ਹੋਣ ਲਈ ਤੈਅ ਸਮਾਂ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਇਹ ਸਮਾਂ ਸੁਰੂ ਹੁੰਦੇ ਸਾਰ ਚੋਣ ਪ੍ਰਚਾਰ ਲਈ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਨਾ ਹੋਣ ਦੇ ਬਾਵਜੂਦ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਹੋਏ ਰਾਜਨੀਤਕ ਆਗੂਆਂ, ਪਾਰਟੀ ਵਰਕਰਾਂ ਅਤੇ ਕੰਪੇਨ ਵਰਕਰਾਂ ਨੂੰ ਹਲਕੇ ਵਿਚੋਂ ਬਾਹਰ ਜਾਣ ਲਈ ਲੋੜੀਂਦੀਆਂ ਘੋਸ਼ਣਾਵਾਂ ਕਰ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਪੁਲਿਸ ਸਮੇਤ ਹੋਰ ਚੌਕਸੀ ਟੀਮਾਂ ਅਜਿਹੇ ਗੈਰ ਹਲਕਾ ਵੋਟਰਾਂ ਦੀ ਭਾਲ ਲਈ ਪੂਰੀ ਤਰਾਂ ਸਰਗਰਮ ਹੋ ਗਈਆਂ ਹਨ।
ਉਨਾਂ ਨੇ ਦੱਸਿਆ ਕਿ ਇਨਾਂ ਹੁਕਮਾਂ ਦੀ ਪਾਲਣਾ ਲਈ ਚੋਣ ਅਮਲ ਵਿੱਚ ਲੱਗੇ ਹੋਏ ਸਟਾਫ਼ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕਮਿਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨਾਂ ਅਧੀਨ ਆਉਂਦੇ ਖੇਤਰ ਵਿੱਚ ਸਥਿਤ ਕਮਿਊਨਟੀ ਸੈਂਂਟਰ, ਧਰਮਸ਼ਾਲਾ, ਲੌਜ, ਗੈਸਟ ਹਾਊਸ ਅਤੇ ਹੋਰ ਇਸ ਤਰਾਂ ਦੀ ਥਾਵਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਨਾਂ ਥਾਵਾਂ ਵਿੱਚ ਠਹਿਰਨ ਵਾਲਿਆਂ ਦੀ ਸੂਚੀ ’ਤੇ ਨਿਗਾਹ ਰੱਖੀ ਜਾਵੇ। ਇਸ ਤੋਂ ਇਲਾਵਾ ਉਨਾਂ ਦੇ ਸ਼ਨਾਖਤੀ ਪੱਤਰ ਵੀ ਦੇਖੇ ਜਾਣ।
ਉਨਾਂ ਕਿਹਾ ਕਿ ਜ਼ਿਲੇ ’ਚ ਚੋਣ ਪ੍ਰਕਿਰਿਆ ਨੂੰ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਇਆ ਜਾਵੇਗਾ ਪਰ ਜੇਕਰ ਕੋਈ ਵੀ ਵਿਅਕਤੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਜਿਹੇ ਵਿਅਕਤੀਆਂ ਖਿਲਾਫ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਕਿਸੇ ਨੂੰ ਵੋਟ ਲਈ ਧਨ ਦੇਣਾ ਜਾਂ ਡਰਾਉਣਾ ਧਮਕਾਉਣਾ ਅਪਰਾਧ ਹੈ। ਉਨਾਂ ਲੋਕਾਂ ਨੂੰ ਬਿਨਾਂ ਕਿਸੇ ਡਰ-ਭੈਅ ਤੋਂ ਆਪਣੀ ਇੱਛਾ ਅਨੁਸਾਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਡਰਾਈ ਡੇਅ ਦੌਰਾਨ ਸ਼ਰਾਬ ਦੀ ਵਿਕਰੀ ’ਤੇ ਰੋਕ ਹੋਵੇਗੀ।  ਉਨਾਂ ਦੱਸਿਆ ਕਿ ਇਨਾਂ ਦਿਨਾਂ ਵਿੱਚ ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਮੈਰਿਜ ਪੈਲੇਸ ਅਤੇ ਹੋਰ ਥਾਵਾਂ ’ਤੇ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜਿਹੜੇ ਲੋਕਾਂ ਦੇ ਘਰਾਂ ਵਿੱਚ ਵਿਆਹ ਆਦਿ ਸਮਾਗਮ ਪਹਿਲਾਂ ਤੋਂ ਹੀ 19 ਅਤੇ 20 ਫਰਵਰੀ ਨੂੰ ਨਿਰਧਾਰਿਤ ਕੀਤੇ ਹੋਏ ਹਨ, ਉਨਾਂ ਨੂੰ ਵੀ ਪ੍ਰਸ਼ਾਸਨ ਵੱਲੋਂ ਅਪੀਲ ਕੀਤੀ ਜਾਂਦੀ ਹੈ ਕਿ ਉਹ ਡਰਾਈ ਡੇਅ ਦੇ ਹੁਕਮਾਂ ਦੀ ਉਲੰਘਣਾ ਨਾ ਕਰਨ ਅਤੇ ਜੇਕਰ ਕੋਈ ਵੀ ਵਿਅਕਤੀ ਇਨਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਅੱਗੇ ਕਿਹਾ ਇਨਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ ਨਹੀਂ ਕਰ ਸਕਦਾ। ਉਨਾਂ ਦੱਸਿਆ ਕਿ ਇਹ ਹੁਕਮ ਵੋਟਾਂ ਅਤੇ ਗਿਣਤੀ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ। ਇਸੇ ਤਰਾਂ ਉਨਾਂ ਇਹ ਵੀ ਕਿਹਾ ਕਿ ਜ਼ਿਲੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣ ਵਾਲੇ ਦਿਨ ਵੀ ਡਰਾਈ ਡੇਅ ਵਜੋਂ ਐਲਾਨਿਆ ਗਿਆ ਹੈ।
ਜ਼ਿਲਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਨੂੰ ਸ਼ਾਂਤਮਈ, ਆਜ਼ਾਦ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਵੋਟਰ ਬਿਨਾਂ ਕਿਸੇ ਡਰ ਭੈਅ ਦੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਦੇ ਹਨ। ਉਨਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਉਮੀਦਵਾਰ ਜਾਂ ਰਾਜਸੀ ਪਾਰਟੀ ਨਕਦੀ, ਸ਼ਰਾਬ ਜਾਂ ਹੋਰ ਕੋਈ ਚੀਜ਼ ਆਦਿ ਵੰਡ ਕੇ ਵੋਟਰਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


Spread Information
Advertisement
Advertisement

LEAVE A RESPONSE

Your email address will not be published. Required fields are marked *

error: Content is protected !!