ਲੋਕ ਸਭਾ ਜਿਮਨੀ ਚੋਣ- ਪ੍ਰਚਾਰ ਸਮੱਗਰੀ ਤੇ ਪ੍ਰਿੰਟਰ/ਪਬਲਿਸ਼ਰ ਦਾ ਨਾਂ ਅਤੇ ਗਿਣਤੀ ਲਿਖਣੀ ਪਊ ਲਾਜਿਮੀ
ਪ੍ਰਕਾਸ਼ਿਤ ਚੋਣ ਸਮੱਗਰੀ ਦੇ ਸਹੀ ਵੇਰਵੇ ਨਾ ਦੇਣ ਵਾਲੀ ਪ੍ਰਿੰਟਿੰਗ ਪ੍ਰੈਸ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ: ਵਧੀਕ ਜ਼ਿਲ੍ਹਾ ਚੋਣ ਅਫ਼ਸਰ
ਪਰਦੀਪ ਕਸਬਾ , ਸੰਗਰੂਰ, 30 ਮਈ:2022
ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਬਾਰੇ ਜ਼ਿਲ੍ਹਾ ਸੰਗਰੂਰ ਦੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਅਤੇ ਪ੍ਰਤੀਨਿਧਾਂ ਨੂੰ ਜਾਣੂ ਕਰਵਾਉਣ ਲਈ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੱਕ ਮੀਟਿੰਗ ਹੋਈ । ਜਿਸ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨਮੋਲ ਸਿੰਘ ਧਾਲੀਵਾਲ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਹੁਣ ਜ਼ਿਮਨੀ ਚੋਣ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸ਼ਾਂਤੀਪੂਰਵਕ ਤੇ ਮਿਆਰੀ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਚੌਕਸੀ ਟੀਮਾਂ ਵੱਲੋਂ ਜਾਂਚ ਪੜਤਾਲ ਦੌਰਾਨ ਜੇਕਰ ਕੋਈ ਵੀ ਅਜਿਹੀ ਚੋਣ ਪ੍ਰਚਾਰ ਸਮੱਗਰੀ ਬਰਾਮਦ ਕੀਤੀ ਜਾਂਦੀ ਹੈ, ਜਿਸ ਵਿਚ ਪ੍ਰਿੰਟਿੰਗ ਪ੍ਰੈਸ ਦੀ ਤਰਫੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਗਈ ਹੋਵੇ, ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਨਵੀਂਆਂ ਹਦਾਇਤਾਂ ਮੁਤਾਬਕ ਲੋਕ ਸਭਾ ਚੋਣ ਲੜ ਰਹੇ ਹਰੇਕ ਉਮੀਦਵਾਰ ਦੇ ਖਰਚੇ ਦੀ ਹੱਦ 95 ਲੱਖ ਰੁਪਏ ਨਿਰਧਾਰਿਤ ਕੀਤੀ ਗਈ ਹੈ ਅਤੇ ਉਮੀਦਵਾਰ ਦੇ ਹੱਕ ਵਿੱਚ ਵਰਤੇ ਜਾਣ ਵਾਲੇ ਸਮੂਹ ਪ੍ਰਚਾਰ ਸਾਧਨਾਂ, ਜਿਨ੍ਹਾਂ ਵਿੱਚ ਪ੍ਰਿੰਟ ਮੀਡੀਆ, ਇਲੈਕਟਰੋਨਿਕ ਮੀਡੀਆ, ਸ਼ੋਸ਼ਲ ਸਾਈਟਾਂ ਅਤੇ ਸ਼ੋਸ਼ਲ ਮੀਡੀਆ ਦੇ ਸਾਧਨ ਵੀ ਸ਼ਾਮਲ ਹਨ, ਨੂੰ ਇਸ਼ਤਿਹਾਰਬਾਜ਼ੀ ਲਈ ਵਰਤੇ ਜਾਣ ਦੀ ਸੂਰਤ ਵਿੱਚ , ਜਿਥੇ ਖਰਚੇ ਨੂੰ ਉਮੀਦਵਾਰ ਦੇ ਖ਼ਾਤੇ ਵਿੱਚ ਜੋੜਿਆ ਜਾਵੇਗਾ । ਉਥੇ ਹੀ ਪ੍ਰਿੰਟਿੰਗ ਪ੍ਰੈਸਾਂ ਰਾਹੀਂ ਪ੍ਰਕਾਸ਼ਿਤ ਹੋਣ ਵਾਲੀ ਸਮੂਹ ਪ੍ਰਚਾਰ ਸਮੱਗਰੀ ਸਬੰਧੀ ਸਹੀ ਵੇਰਵੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਵੱਲੋਂ ਲਿਖ਼ਤੀ ਤੌਰ ’ਤੇ ਦੇਣੇ ਲਾਜ਼ਮੀ ਹੋਣਗੇ, ਤਾਂ ਜੋ ਇਸ ਦਾ ਖਰਚਾ ਵੀ ਜੋੜਿਆ ਜਾ ਸਕੇ।
ਸ਼੍ਰੀ ਧਾਲੀਵਾਲ ਨੇ ਦੱਸਿਆ ਕਿ ਜੇ ਕਿਸੇ ਵੀ ਉਮੀਦਵਾਰ ਦੇ ਪ੍ਰਚਾਰ ਵਾਲਾ ਪੋਸਟਰ, ਬੈਨਰ, ਹੋਰਡਿੰਗਜ਼, ਫਲੈਕਸ ਆਦਿ ਅਜਿਹਾ ਪਾਇਆ ਗਿਆ । ਜਿਸ ਵਿੱਚ ਪ੍ਰਿੰਟਰ/ਪਬਲਿਸ਼ਰ ਦਾ ਨਾਂ, ਪਤਾ ਅਤੇ ਪ੍ਰਕਾਸ਼ਿਤ ਸਮੱਗਰੀ ਦੀ ਗਿਣਤੀ ਦਾ ਵੇਰਵਾ ਦਰਜ ਨਹੀਂ ਹੈ, ਤਾਂ ਜਾਂਚ ਉਪਰੰਤ ਦੋਸ਼ੀ ਪਾਏ ਜਾਣ ’ਤੇ ਪ੍ਰਿੰਟਿੰਗ ਪ੍ਰੈਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਹਾਜ਼ਰ ਪ੍ਰਿੰਟਿੰਗ ਪ੍ਰੈਸ ਮਾਲਕਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਕਾਪੀ ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਤਹਿਸੀਲਦਾਰ ਚੋਣਾਂ ਵਿਜੈ ਕੁਮਾਰ ਵੀ ਹਾਜ਼ਰ ਸਨ।