ਫਾਰਮੇਸੀ ਕੌਂਸਲ ‘ਚ ਬੇਨਿਯਮੀਆਂ ਨੂੰ ਬੇਪਰਦ ਕਰਨ ਵਾਲੇ ਨੂੰ ਮਿਲਣ ਲੱਗੀਆਂ ਫੋਨ ਤੇ ਧਮਕੀਆਂ!
ਸ਼ੱਕ ਦੇ ਘੇਰੇ ‘ਚ ਆਈਆਂ
ਜਾਅਲੀ ਸਰਟੀਫਿਕੇਟਾਂ ਦੇ ਆਧਾਰ ਤੇ ਰਜਿਸਟਰਡ ਵਿਅਕਤੀਆਂ ਨੂੰ ਡਿਪਲੋਮਾ ਇਨ ਫਾਰਮੇਸੀ ਕਰਵਾਉਣ ਵਾਲੀਆਂ ਸੰਸਥਾਵਾਂ
ਡੀਟੀਐਫ ਵੱਲੋਂ ਧਮਕੀਆਂ ਦੇਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ
ਰਿੰਕੂ ਝਨੇੜੀ , ਸੰਗਰੂਰ, 23 ਫਰਵਰੀ 2023
ਪਿਛਲੇ ਲੰਮੇ ਸਮੇਂ ਤੋਂ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਹੋ ਰਹੀਆਂ ਧਾਂਦਲੀਆਂ ਨੂੰ ਬੇਪਰਦ ਕਰਨ ਲਈ ਸੰਘਰਸ਼ ਕਰ ਰਹੇ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਫਰੰਟ ਦੇ ਕਨਵੀਨਰ ਸਵਰਨਜੀਤ ਸਿੰਘ ਨੂੰ ਧਮਕੀਆਂ ਦੇਣ ਦੀ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਨਿਖੇਧੀ ਕੀਤੀ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਸੂਬਾ ਮੀਤ ਪ੍ਰਧਾਨ ਰਾਜੀਵ ਕੁਮਾਰ, ਬੇਅੰਤ ਫੁੱਲੇਵਾਲਾ, ਗੁਰਪਿਆਰ ਕੋਟਲੀ, ਰਘਵੀਰ ਭਵਾਨੀਗੜ੍ਹ, ਡੀ.ਟੀ.ਐੱਫ. ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਅਤੇ ਜ਼ਿਲ੍ਹਾ ਸਕੱਤਰ ਅਮਨ ਵਸਿਸ਼ਟ ਨੇ ਦੱਸਿਆ ਕਿ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਫਰੰਟ ਦੇ ਕਨਵੀਨਰ ਸਵਰਨਜੀਤ ਸਿੰਘ ਦੀ ਸ਼ਿਕਾਇਤ ਤੇ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਦੇ ਦਫ਼ਤਰ ਵਿਖੇ ਫਾਰਮੇਸੀ ਰਜਿਸਟ੍ਰੇਸ਼ਨਾਂ ਦੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਜਿਸ ਵਿੱਚ ਜਾਅਲੀ ਸਰਟੀਫਿਕੇਟਾਂ ਦੇ ਆਧਾਰ ਤੇ ਰਜਿਸਟਰਡ ਹੋਏ ਵਿਅਕਤੀਆਂ, ਇਹਨਾਂ ਨੂੰ ਡਿਪਲੋਮਾ ਇਨ ਫਾਰਮੇਸੀ ਕਰਵਾਉਣ ਵਾਲੀਆਂ ਸੰਸਥਾਵਾਂ ਤੇ ਪੰਜਾਬ ਰਾਜ ਫਾਰਮੇਸੀ ਕੌਂਸਲ ਨੂੰ ਸ਼ਾਮਲ ਕੀਤਾ ਗਿਆ ਹੈ। ਜਿਸ ਕਰਕੇ ਇਸ ਗੋਰਖਧੰਦੇ ਵਿੱਚ ਸ਼ਾਮਲ ਹੋਏ ਕਈ ਵਿਅਕਤੀ ਆਪਣੇ ਵਿਰੁੱਧ ਕਾਨੂੰਨੀ ਕਾਰਵਾਈ ਤੋਂ ਬੋਖਲਾਹਟ ਵਿੱਚ ਆ ਕੇ ਇਸ ਗੋਰਖਧੰਦੇ ਦਾ ਪਰਦਾਫਾਸ਼ ਕਰਨ ਵਾਲੇ ਆਗੂ ਸਵਰਨਜੀਤ ਸਿੰਘ ਨੂੰ ਫੋਨ ‘ਤੇ ਧਮਕੀਆਂ ਦੇਣ ਤੇ ਉੱਤਰ ਆਏ ਹਨ। ਉਹਨਾਂ ਦੱਸਿਆ ਕਿ ਇਹਨਾਂ ਬੇਨਿਯਮੀਆਂ ‘ਚ ਸ਼ਾਮਲ ਵਿਅਕਤੀਆਂ ਵੱਲੋੰ ਸਵਰਨਜੀਤ ਸਿੰਘ ਨੂੰ ਆਪਣੀ ਸ਼ਿਕਾਇਤ ਵਾਪਿਸ ਨਾ ਲੈਣ ‘ਤੇ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਧਮਕੀ ਦਿੱਤੀ ਗਈ ਹੈ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਮੁਲਾਜਮ ਆਗੂ ਸਵਰਨਜੀਤ ਸਿੰਘ ਨੂੰ ਧਮਕੀਆਂ ਦੇਣ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮੈਡੀਕਲ ਸਿੱਖਿਆ ਦੇ ਇਸ ਮਾਫੀਏ ਵਿੱਚ ਸ਼ਾਮਲ ਵਿਅਕਤੀਆਂ ਦੀ ਜਲਦ ਤੋਂ ਜਲਦ ਸਨਾਖ਼ਤ ਕਰਕੇ ਇਹਨਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ।