ਜ਼ਿਲ੍ਹਾ ਪਰਿਸ਼ਦ & ਸੰਮਤੀ ਚੋਣਾਂ ਸ਼ਾਂਤਮਈ ਨੇਪਰੇ ਚੜ੍ਹਨ ‘ਤੇ ਆਬਜ਼ਰਵਰ ਵਿਨੈ ਬੁਬਲਾਨੀ ਨੇ ਪ੍ਰਗਟਾਈ ਤਸੱਲੀ

ਬਲਵਿੰਦਰ ਪਾਲ, ਪਟਿਆਲਾ 14 ਦਸੰਬਰ 2025
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰ ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਜ਼ਿਲ੍ਹੇ ਅੰਦਰ ਜ਼ਿਲ੍ਹਾ ਪਰਿਸ਼ਦ ਤੇ 10 ਬਲਾਕ ਸੰਮਤੀਆਂ ਲਈ ਪਈਆਂ ਵੋਟਾਂ ਦਾ ਜਾਇਜ਼ਾ ਲੈਣ ਲਈ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਜ਼ਿਲ੍ਹੇ ਅੰਦਰ ਚੋਣ ਅਮਲ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਨ ‘ਤੇ ਤਸੱਲੀ ਦਾ ਇਜ਼ਹਾਰ ਕੀਤਾ ਹੈ।
ਜ਼ਿਲ੍ਹੇ ਦੇ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਦਿਆਂ ਵਿਨੈ ਬੁਬਲਾਨੀ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਤੇ ਆਜ਼ਾਦਾਨਾ ਚੋਣ ਪ੍ਰਕ੍ਰਿਆ ਮੁਕੰਮਲ ਕਰਵਾਉਣ ਲਈ ਹਰ ਪੱਖੋਂ ਨਿਗਰਾਨੀ ਰੱਖਣ ਲਈ ਫਲਾਇੰਗ ਸਕੁਐਡ ਟੀਮਾਂ ਸਮੇਤ ਹੋਰ ਵੀ ਬੰਦੋਬਸਤ ਕੀਤੇ ਗਏ ਸਨ।
ਚੋਣ ਆਬਜ਼ਰਵਰ ਨੇ ਪੋਲਿੰਗ ਸਟੇਸ਼ਨਾਂ ਵਿਖੇ ਵੋਟਾਂ ਪਵਾ ਰਹੇ ਚੋਣ ਅਮਲੇ ‘ਚ ਲੱਗੇ ਪ੍ਰੀਜਾਇਡਿੰਗ ਤੇ ਪੋਲਿੰਗ ਅਫ਼ਸਰਾਂ ਸਮੇਤ ਸਿਆਸੀ ਪਾਰਟੀਆਂ ਦੇ ਪੋਲਿੰਗ ਏਜੰਟਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਚੋਣ ਅਮਲ ਬਾਬਤ ਜਾਣਕਾਰੀ ਹਾਸਲ ਕਰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਨਾਲ ਸਾਰਾ ਕੰਮ ਨਿਰਵਿਘਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹ ਜਾਂਦਾ ਹੈ।
ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਏ.ਡੀ.ਸੀਜ ਦਮਨਜੀਤ ਸਿੰਘ ਮਾਨ ਤੇ ਡਾ. ਇਸਮਤ ਵਿਜੇ ਸਿੰਘ ਸਮੇਤ ਸਮੂਹ ਰਿਟਰਨਿੰਗ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਕੇ ਚੋਣਾਂ ਪੁਰ ਅਮਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਪਿੱਠ ਥਾਪੜੀ ਹੈ।
ਵਿਨੈ ਬੁਬਲਾਨੀ ਨੇ ਦੱਸਿਆ ਕਿ ਉਨ੍ਹਾਂ ਨੇ ਹਰ ਬਲਾਕ ਸੰਮਤੀ ਤੋਂ ਪੂਰੀ ਬਾਰੀਕੀ ਨਾਲ ਪਲ-ਪਲ ਦੀ ਜਾਣਕਾਰੀ ਹਾਸਲ ਕੀਤੀ ਹੈ ਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਕਿਧਰੇ ਵੀ ਕੋਈ ਗੜਬੜੀ ਜਾਂ ਕੋਈ ਮਾੜੀ ਘਟਨਾ ਸਾਹਮਣੇ ਨਹੀਂ ਆਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਤਾਲਮੇਲ ਅਧਿਕਾਰੀ ਏ.ਈ.ਟੀ.ਸੀ. ਰਜੇਸ਼ ਏਰੀ ਵੀ ਮੌਜੂਦ ਸਨ।






