DC ਵੱਲੋਂ ਕੋਵਿਡ ਟੀਕਾਕਰਨ ਸਬੰਧੀ ਸਿਹਤ ਵਿਭਾਗ ਅਧਿਕਾਰੀਆਂ ਨਾਲ ਮੀਟਿੰਗ
DC ਵੱਲੋਂ ਕੋਵਿਡ ਟੀਕਾਕਰਨ ਸਬੰਧੀ ਸਿਹਤ ਵਿਭਾਗ ਅਧਿਕਾਰੀਆਂ ਨਾਲ ਮੀਟਿੰਗ
ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 24 ਦਸੰਬਰ 2021
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐਸ. ਨੇ ਕੋਰੋਨਾ ਵਾਇਰਸ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ ਪ੍ਰਸ਼ਾਸਨਿਕ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਟੀਕਾਕਰਨ ਮੁਹਿੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਵੈਕਸੀਨੇਸ਼ਨ ਦੀ ਕੋਈ ਕਮੀ ਨਹੀਂ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਦੇ ਪ੍ਰਸਾਰ ਨੂੰ ਕੰਟਰੋਲ ਕਰਨ ਲਈ ਵੱਧ ਤੋਂ ਵੱਧ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੋ ਲੋਕ ਵੀ ਸੇਵਾ ਕੇਂਦਰ ਜਾਂ ਸਾਂਝ ਕੇਂਦਰ ਵਿੱਚ ਆਪਣਾ ਕਿਸੇ ਵੀ ਤਰ੍ਹਾਂ ਦਾ ਕੰਮ ਕਰਵਾਉਣ ਲਈ ਆਉਂਦੇ ਹਨ ਉਹ ਆਪਣੇ ਨਾਲ ਆਪਣੇ ਟੀਕਾਕਰਨ ਦਾ ਸਰਟੀਫਿਕੇਟ ਨਾਲ ਜ਼ਰੂਰ ਲੈ ਕੇ ਆਉਣ।
ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀਆਂ ਦੋਵੇਂ ਖ਼ੁਰਾਕਾਂ ਲੱਗਣੀਆਂ ਬਹੁਤ ਜ਼ਰੂਰੀ ਹਨ ਕਿਉਂਕਿ ਕੋਰੋਨਾ ਵਾਇਰਸ ਦਾ ਨਵਾਂ ਰੂਪ ਓਮੀਕਰਾਨ ਨੂੰ ਰੋਕਣਾ ਬਹੁਤ ਜ਼ਰੂਰੀ ਹੈ ਅਤੇ ਇਹ ਕੋਰੋਨਾ ਵਾਇਰਸ ਦੀਆਂ ਦੋਨੇਂ ਖੁਰਾਕਾਂ ਲਗਵਾਉਣ ਨਾਲ ਹੀ ਰੋਕਿਆ ਜਾ ਸਕਦਾ ਹੈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸਮੂਹ ਬੀਡੀਪੀਓ ਆਪਣੇ ਇਲਾਕੇ ਵਿਚ ਮੁਨਿਆਦੀ ਕਰਵਾ ਕੇ ਲੋਕਾਂ ਨੂੰ ਕੋਵਿਡ ਵੈਕਸੀਨੇਸ਼ਨ ਲਗਵਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਐਸ ਐਮ ਓ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਹਰ ਰੋਜ਼ 2 ਹਜ਼ਾਰ ਲੋਕਾਂ ਦਾ ਟੀਕਾਕਰਨ ਕਰਨਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਕੋਵਿਡ ਵੈਕਸੀਨ ਜ਼ਰੂਰ ਲਗਵਾਉਣ ਅਤੇ ਜਨਤਕ ਥਾਵਾਂ ਤੇ ਜਾਣ ਸਮੇਂ ਮਾਸਕ ਦੀ ਵਰਤੋਂ ਕਰਨ ਤੇ ਕੋਵਿਡ ਦੀਆਂ ਜ਼ਰੂਰੀ ਸਾਵਧਾਨੀਆਂ ਦੀ ਪਾਲਣਾ ਕਰਨ। ਇਸ ਮੌਕੇ ਐਸਡੀਐਮ ਫਾਜ਼ਿਲਕਾ ਸ.ਰਵਿੰਦਰ ਅਰੋੜਾ, ਸਿਵਲ ਸਰਜਨ ਡਾ. ਦਵਿੰਦਰ ਢਾਂਡਾ, ਡੀ ਐੱਸ ਪੀ ਜਸਬੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।