DC ਤੇ S.S.P ਵੱਲੋਂ ਧਾਰਮਿਕ ਸਥਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ
DC ਤੇ S.S.P ਵੱਲੋਂ ਧਾਰਮਿਕ ਸਥਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ
ਰਾਜੇਸ਼ ਗੌਤਮ,ਪਟਿਆਲਾ, 23 ਦਸੰਬਰ 2021
ਪਟਿਆਲਾ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਦੇ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਅੱਜ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਧਾਰਮਿਕ ਸਥਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੇਕਰ ਕੋਈ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਸ ਸਬੰਧੀ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਮੀਟਿੰਗ ਦੌਰਾਨ ਧਾਰਮਿਕ ਸਥਾਨਾਂ ਦੇ ਨੁਮਾਇੰਦਿਆਂ ਨੂੰ ਧਾਰਮਿਕ ਸਥਾਨਾਂ ਅੰਦਰ ਚੌਕਸੀ ਵਧਾਉਣ ਦੀ ਅਪੀਲ ਕਰਦਿਆ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਸੁਚੇਤ ਹੋਣ ਬਹੁਤ ਜ਼ਰੂਰੀ ਹੈ।
ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ ਨੇ ਮੀਟਿੰਗ ਦੌਰਾਨ ਕਿਹਾ ਕਿ ਸੂਬੇ ਅੰਦਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਰਾਬ ਕਰਨ ਲਈ ਮੰਦਭਾਗੀ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਸ਼ਰਾਰਤੀ ਅਨਸਰਾਂ ‘ਤੇ ਠੱਲ੍ਹ ਪਾਉਣ ਅਤੇ ਜੁਰਮ ਨੂੰ ਰੋਕਣ ਲਈ ਬਹੁਤ ਸਾਰੀਆਂ ਥਾਵਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾ ਚੁੱਕੇ ਹਨ, ਅਤੇ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਉਹ ਕੈਮਰੇ ਚਾਲੂ ਹਾਲਤ ਵਿੱਚ ਜਾਂ ਸਹੀ ਦਿਸ਼ਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਭੀੜ ਵਾਲੇ ਸਥਾਨਾਂ ‘ਤੇ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਥਾਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਜ਼ਰੂਰ ਲਗਵਾਉਣ ਅਤੇ ਕੈਮਰਿਆਂ ਦਾ ਬੈਕਅੱਪ ਵੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ‘ਤੇ 24 ਘੰਟੇ ਸੇਵਾਦਾਰ ਹਾਜ਼ਰ ਰਹਿਣ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਬਜਾਇ ਸ਼ਰਾਰਤੀ ਅਨਸਰਾਂ ਸਬੰਧੀ ਪੁਲਿਸ ਨੂੰ ਇਤਲਾਹ ਕੀਤਾ ਜਾਵੇ।
ਇਸ ਮੌਕੇ ਐਸ.ਡੀ.ਐਮ ਪਟਿਆਲਾ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਸਮੇਤ ਵੱਖ ਵੱਖ ਧਾਰਮਿਕ ਸਥਾਨਾਂ ਦੇ ਨੁਮਾਇੰਦੇ ਮੌਜੂਦ ਸਨ।